ਜਿਲੇ ਦੀਆਂ ਮੰਡੀਆਂ ‘ਚੋਂ 4 ਲੱਖ 18 ਹਜ਼ਾਰ 825 ਮੀਟਰਕ ਟਨ ਕਣਕ ਦੀ ਖਰੀਦ, 640 ਕਰੋੜ ਰੁਪਏ ਦੀ ਅਦਾਇਗੀ

275

ਬਰਨਾਲਾ, 27 ਅਪ੍ਰੈਲ 2018 : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾੜੀ ਦੇ ਸੀਜ਼ਨ ਦੌਰਾਨ ਕਣਕ ਦੀ ਫਸਲ ਦੀ ਖ਼ਰੀਦ ਦਾ ਕੰਮ ਜਿਲੇ ਦੀਆਂ ਮੰਡੀਆਂ ਵਿੱਚੋਂ ਸੁਚਾਰੂ ਢੰਗ ਨਾਲ ਲਗਭਗ ਨੇਪਰੇ ਚਾੜ• ਲਿਆ ਗਿਆ ਹੈ। ਓਹਨਾ ਖਰੀਦ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜਿਲੇ ਵਿੱਚੋਂ ਕਣਕ ਦੀ ਖਰੀਦ ਮੁਕੰਮਲ ਹੋਣ ਤੱਕ ਕਿਸਾਨਾਂ ਨੂੰ ਅਦਾਇਗੀ ਅਤੇ ਲਿਫਟਿੰਗ ਨਾਲ ਸਬੰਧਤ ਕਿਸੇ ਵੀ ਤ੍ਰਾਹ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਉਹ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲੇ ਅੰਦਰ ਕਣਕ ਦੀ ਸਰਕਾਰੀ ਖਰੀਦ ਦੀ ਸਮੀਖਿਆ ਕਰ ਰਹੇ ਸਨ। ਓਹਨਾ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਖਰੀਦੀ ਗਈ ਕਣਕ ਦੀ ਫਸਲ ਦੀ ਜਲਦ ਤੋਂ ਜਲਦ ਲਿਫਟਿੰਗ ਕੀਤੀ ਜਾਵੇ ਅਤੇ ਇਸਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਪ੍ਰਬੰਧਾਂ ਵਿੱਚ ਤੇਜ਼ੀ ਲਿਆਂਦੀ ਜਾਵੇ।
ਸ਼੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਜਿਲਾ ਬਰਨਾਲਾ ਦੀਆਂ ਮੰਡੀਆਂ ਵਿੱਚ 4 ਲੱਖ 18 ਹਜ਼ਾਰ 825 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 4 ਲੱਖ 17 ਹਜ਼ਾਰ 694 ਮੀਟਰਕ ਟਨ ਦੀ ਖਰੀਦ ਕਰ ਲਈ ਗਈ ਹੈ। ਓਹਨਾ ਕਿਹਾ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗਰੇਨ ਨੇ 109417 ਮੀਟਰਕ ਟਨ, ਮਾਰਕਫੈਡ ਨੇ 90968 ਮੀਟਰਕ ਟਨ, ਪਨਸਪ ਨੇ 102350 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 53055 ਮੀਟਰਕ ਟਨ, ਪੰਜਾਬ ਐਗਰੋ ਨੇ 41461 ਮੀਟਰਕ ਟਨ, ਐਫ.ਸੀ.ਆਈ ਨੇ 20443 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਓਹਨਾ ਦੱਸਿਆ ਕਿ ਖਰੀਦੀ ਗਈ ਕਣਕ ‘ਚੋਂ 2 ਲੱਖ 73 ਹਜ਼ਾਰ 153 ਮੀਟਰਕ ਟਨ ਕਣਕ ਦੀ ਲਿਫ਼ਟਿੰਗ ਵੀ ਮੰਡੀਆਂ ‘ਚੋਂ ਕੀਤੀ ਜਾ ਚੁੱਕੀ ਹੈ ਅਤੇ ਹੁਣ ਫ਼ਸਲ ਦੀ ਆਮਦ ਰੁਕਣ ਤੋਂ ਬਾਅਦ ਲਿਫਟਿੰਗ ਦੀ ਗਤੀ ਵਿੱਚ ਤੇਜ਼ੀ ਲਿਆ ਕੇ ਜਲਦ ਹੀ ਸਾਰੀ ਕਣਕ ਮੰਡੀਆਂ ‘ਚ ਭੰਡਾਰਨ ਵਾਲੀਆਂ ਥਾਵਾਂ ‘ਤੇ ਪਹੁੰਚਾ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ ਖਰੀਦੀ ਗਈ ਕਣਕ ਦੀ ਕਰੀਬ 604 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਵਾਰ ਟ੍ਰਾਂਸਪੋਰਟੇਸ਼ਨ ਟੈਂਡਰ ਪ੍ਰਕਿਰਿਆ ਵਿੱਚ ਪੂਰੀ ਤਰਾਂ ਪਾਰਦਰਸ਼ਤਾ ਲਿਆ ਕੇ, ਰਾਜ ਨੂੰ ਢੋਆ-ਢੁਆਈ ਵਿੱਚ ਪੈਂਦੇ ਘਾਟੇ ਨੂੰ ਪੂਰਾ ਕਰਨ ਦਾ ਯਤਨ ਵੀ ਕੀਤਾ ਗਿਆ ਹੈ। ਉਹਨਾਂ ਖਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਉਂਦਿਆਂ ਸਬੰਧਤ ਏਜੰਸੀਆਂ ਨੂੰ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਲਈ ਹਦਾਇਤ ਕੀਤੀ।
ਸ਼੍ਰੀ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨਾਜ ਦੇ ਭੰਡਾਰ ਲਈ ਸੰਤੋਖਜਨਕ ਪ੍ਰਬੰਧ ਕੀਤੇ ਹੋਏ ਹਨ ਤੇ ਬਰਨਾਲਾ ਜਿਲੇ ‘ਚ ਵੀ ਅਨਾਜ ਭੰਡਾਰਨ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵਲੋਂ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧ ਆਸ ਮੁਤਾਬਕ ਵਧੀਆ ਹਨ ਅਤੇ ਉਹਨਾਂ ਵਲੋਂ ਵੱਖ-ਵੱਖ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀ ਦਿੱਕਤ ਨਾ ਆਉਣ ਦੇਣ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ।
ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।