ਮੀਜ਼ਲ-ਰੁਬੇਲਾ ਮੁਹਿੰਮ ਨੂੰ ਜਿੰਮੇਵਾਰੀ ਨਾਲ ਨਿਭਾਉਣ ਸਿਹਤ ਅਧਿਕਾਰੀ – ਈਸ਼ਾ ਕਾਲੀਆ

132

ਫਾਜ਼ਿਲਕਾ 03 ਮਈ 2018 (ਰਾਜਾ ਵਾਟ੍ਸ): ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਦੌਰਾ ਕਰਕੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੀਜ਼ਲ-ਰੁਬੇਲਾ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਿਹਤ ਕਰਮੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਜਾਵੇ। ਇਸ ਮੌਕੇ ਉਨ੍ਹਾਂ ਨੇ ਲੜਕੀਆਂ ਨੂੰ ਸਿੱਖਿਆ ਅਤੇ ਆਪਣਾ ਚੰਗਾ ਭਵਿੱਖ ਸਿਰਜਨ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ਤੋਂ ਜ਼ਿਲ੍ਹਾ ਵਾਸੀਆਂ ਨੂੰ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਜਾਂਚਣ ਉਪਰੰਤ ਹੀ ਵੈਕਸੀਨ ਨੂੰ ਤਿਆਰ ਕੀਤਾ ਗਿਆ ਹੈ ਤੇ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਹ ਟੀਕਾ ਜ਼ਰੂਰ ਲਗਵਾਉਣ।
ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹਾ ਫਾਜਿਲਕਾ ਵਿਖੇ ਲਗਭਗ 9600 ਬੱਚਿਆਂ ਨੂੰ ਟੀਕੇ ਲਗਾਏ ਗਏ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਤੇ ਸਬੰਧਤ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਮਾਪੇ ਵੀ ਭਰਪੂਰ ਯੋਗਦਾਨ ਪਾਉਣ ਤਾਂ ਜੋ ਕੋਈ ਵੀ ਬੱਚਾ ਐਮ.ਆਰ.ਟੀਕਾ ਲਗਵਾਉਣ ਤੋਂ ਵਾਂਝਾ ਨਾ ਰਹਿ ਸਕੇ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜੇਸ਼ ਸ਼ਰਮਾ, ਸਕੂਲ ਪ੍ਰਿੰਸੀਪਲ ਸ੍ਰੀ ਸੰਦੀਪ ਧੂੜੀਆ, ਡਾ. ਰਿੰਕੂ ਚਾਵਲਾ, ਡਿਪਟੀ ਮਾਸ ਮੀਡੀਆ ਅਫਸਰ ਸੁਖਵਿੰਦਰ ਕੌਰ, ਬੀ.ਈ.ਈ. ਮਨਬੀਰ ਸਿੰਘ ਅਤੇ ਹੋਰ ਸਟਾਫ ਮੌਜੂਦ ਸੀ।